ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਅੱਜ ਮਾਨਸਾ ਪਹੁੰਚ ਕੇ ਨਸ਼ਿਆਂ ਵਿਰੁੱਧ ਜੰਗ ਲੜਦਿਆਂ ਸ਼ਹੀਦ ਹੋਏ ਭਾਈ ਪਰਵਿੰਦਰ ਸਿੰਘ ਝੋਟਾ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।
ਜ਼ਿਕਰਯੋਗ ਹੈ ਕਿ ਭਾਈ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਮੌਕੇ ਵੀ ਸਿੰਘ ਸਾਹਿਬ ਨੇ ਸ਼ਮੂਲੀਅਤ ਕੀਤੀ ਸੀ। ਇਸ ਤੋਂ ਬਾਅਦ ਅੱਜ ਉਨ੍ਹਾਂ ਨੇ ਮੁੜ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਨੇ ਸਮਾਜ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਅਤੇ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਆਪਣੀ ਜਾਨ ਦੀ ਪਰਵਾਹ ਨਹੀਂ ਕੀਤੀ; ਉਨ੍ਹਾਂ ਦੀ ਇਹ ਕੁਰਬਾਨੀ ਹਮੇਸ਼ਾ ਯਾਦ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੁੱਚਾ ਪੰਥ ਅਤੇ ਸ਼੍ਰੋਮਣੀ ਕਮੇਟੀ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ।
ਇਸ ਮੌਕੇ ਉਨ੍ਹਾਂ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਨਰਿੰਦਰਜੀਤ ਸਿੰਘ ਭਵਾਨੀਗੜ੍ਹ ਅਤੇ ਸਬ-ਆਫਿਸ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਸ. ਭੋਲਾ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਜਥੇਦਾਰ ਗਿਆਨੀ ਟੇਕ ਸਿੰਘ ਨੇ ਮਾਨਸਾ ਵਿਖੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ